ਅੰਮ੍ਰਿਤਸਰ, 27 ਅਕਤੂਬਰ:
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਵਿਦਿਆਰਥੀ ਜਥੇਬੰਦੀ ‘ਸੱਥ’ ਵੱਲੋਂ ਕਰਵਾਏ ਜਾ ਰਹੇ ਸੈਮੀਨਾਰ ਨੂੰ ਰੋਕਣ ਦੇ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ‘ਤੇ ਅੱਜ ਇੱਕ ਵਫ਼ਦ ਨੇ ਯੂਨੀਵਰਸਿਟੀ ਦੇ ਰਜਿਸਟਰਾਰ ਨਾਲ ਮੁਲਾਕਾਤ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ ਵਫ਼ਦ ਨੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸੈਮੀਨਾਰ ਨੂੰ ਰੋਕਣ ਦੇ ਫੈਸਲੇ ਦੀ ਨਿਖੇਧੀ ਕੀਤੀ ਹੈ। ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਲਖਬੀਰ ਸਿੰਘ ਅਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਮੈਨੇਜਰ ਸ. ਰਜਿੰਦਰ ਸਿੰਘ ਟੌਹੜਾ ਸ਼ਾਮਲ ਸਨ।
ਵਕਤਾ ਨੇ ਦੱਸਿਆ ਕਿ ਵਫ਼ਦ ਵੱਲੋਂ ਇਸ ਮੁਲਾਕਾਤ ਸਬੰਧੀ ਇੱਕ ਵਿਸਤ੍ਰਿਤ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ, ਜੋ ਜਲਦ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀ ਜਾਵੇਗੀ।
